Homeਪੰਜਾਬਝੋਟਾ ਪਰਿਵਾਰ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ

ਝੋਟਾ ਪਰਿਵਾਰ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ

ਮਾਨਸਾ: ਪੰਜਾਬ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਬੀਤੀ 2 ਨਵੰਬਰ ਦੀ ਦੇਰ ਸ਼ਾਮ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੁਲਾਕਾਤ ਦੌਰਾਨ ਪਰਿਵਾਰ ਨੇ ਆਪਣੀਆਂ ਮੰਗਾਂ ਮੰਤਰੀ ਸਾਹਮਣੇ ਰੱਖੀਆਂ ਅਤੇ ਸਰਕਾਰ ਦੇ ਮੰਤਰੀਆਂ ਦੇ ਪੈਨਲ ਨਾਲ ਸਾਂਝੀ ਮੀਟਿੰਗ ਕਰਵਾਉਣ ਦੀ ਮੰਗ ਮੁੜ ਉਠਾਈ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਲਗਾਤਾਰ ਸਰਕਾਰ ਤੋਂ ਮੰਤਰੀਆਂ ਦੇ ਪੈਨਲ ਨਾਲ ਬੈਠਕ ਕਰਵਾਉਣ ਦੀ ਮੰਗ ਕਰ ਰਹੀ ਹੈ। ਅਜਿਹੇ ਵਿੱਚ ਮੰਤਰੀ ਖੁੱਡੀਆਂ ਦੀ ਪਰਿਵਾਰ ਨਾਲ ਹੋਈ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਨਾਲ ਬਹੁਤੀ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨੂੰ ਮਿਲਣ ਅਤੇ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਣ ਲਈ ਆਏ ਸਨ। ਮੀਟਿੰਗ ਦੌਰਾਨ ਕਿਹੜੇ ਮੁੱਦਿਆਂ ‘ਤੇ ਚਰਚਾ ਹੋਈ, ਇਸ ਬਾਰੇ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ ਪਰਿਵਾਰ ‘ਤੇ ਛੱਡ ਦਿੱਤੀ।

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਮੰਤਰੀ ਨਾਲ ਮੁਲਾਕਾਤ ਬਹੁਤ ਹੀ ਸ਼ਾਂਤਮਈ ਮਾਹੌਲ ਵਿੱਚ ਹੋਈ। ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਮੰਤਰੀ ਦੇ ਅਹੁਦੇ ਦਾ ਸਤਿਕਾਰ ਕਰਦਿਆਂ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ।

ਉਨ੍ਹਾਂ ਮੁਤਾਬਕ ਮੰਤਰੀ ਖੁੱਡੀਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਹਾਲਾਂਕਿ, ਪਰਿਵਾਰ ਦਾ ਮੁੱਖ ਜ਼ੋਰ ਇਸ ਗੱਲ ‘ਤੇ ਰਿਹਾ ਕਿ ਸਰਕਾਰ ਵੱਲੋਂ ਮੰਤਰੀਆਂ ਦੇ ਪੈਨਲ ਨਾਲ ਰਸਮੀ ਮੀਟਿੰਗ ਕਰਵਾਈ ਜਾਵੇ, ਤਾਂ ਜੋ ਸਾਰੇ ਮੁੱਦਿਆਂ ‘ਤੇ ਵਿਸਥਾਰ ਨਾਲ ਗੱਲਬਾਤ ਹੋ ਸਕੇ।

ਭੀਮ ਸਿੰਘ ਨੇ ਕਿਹਾ ਕਿ ਮੰਤਰੀ ਖੁੱਡੀਆਂ ਨੇ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਦੀ ਮੰਗ ਸਬੰਧੀ ਮੁੜ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅਨੁਸਾਰ ਅਗਲੀ ਮੀਟਿੰਗ ਕਦੋਂ ਹੋਵੇਗੀ, ਇਸ ਦਾ ਫ਼ੈਸਲਾ ਸਰਕਾਰ ਅਤੇ ਸਬੰਧਤ ਮੰਤਰੀਆਂ ਨੇ ਕਰਨਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੰਤਰੀਆਂ ਅਤੇ ਮੁੱਖ ਸਕੱਤਰ ਨਾਲ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਬੈਠਕ ਹੋ ਜਾਂਦੀ ਹੈ ਤਾਂ ਮਾਮਲੇ ਦੇ ਹੱਲ ਅਤੇ ਮੰਗਾਂ ‘ਤੇ ਸਹਿਮਤੀ ਬਣਨ ਦਾ ਰਾਹ ਪੱਧਰਾ ਹੋ ਸਕਦਾ ਹੈ। ਫਿਲਹਾਲ ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਅਤੇ ਐਕਸ਼ਨ ਕਮੇਟੀ ਸਰਕਾਰ ਵੱਲੋਂ ਅਗਲੀ ਮੀਟਿੰਗ ਤੈਅ ਕੀਤੇ ਜਾਣ ਦੀ ਉਡੀਕ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments