ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਮੋੜ ਸਾਹਮਣੇ ਆਇਆ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਹੱਥ ਮਿਲਾ ਲਿਆ ਹੈ। ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਪਾਰਟੀਆਂ ਦੇ ਗੱਠਜੋੜ ਦਾ ਐਲਾਨ ਕੀਤਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਰਹੇ।
ਇਸ ਦੌਰਾਨ ਸਭ ਤੋਂ ਵੱਡਾ ਐਲਾਨ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੀਤਾ ਗਿਆ। ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਮੁੱਖ ਮੰਤਰੀ ਦਾ ਚਿਹਰਾ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਹੋਵੇਗਾ। ਦੋਵੇਂ ਪਾਰਟੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨਗੀਆਂ।
2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ
ਪ੍ਰੈੱਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ 31 ਦਸੰਬਰ 2029 ਤੱਕ ਸੂਬੇ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਕਾਨੂੰਨ ਵਿਵਸਥਾ ਵਿੱਚ ਸੁਧਾਰ ਕਰਨਾ ਵੀ ਗੱਠਜੋੜ ਦੀ ਪਹਿਲ ਹੋਵੇਗੀ। ਅਮਿਤ ਸ਼ਾਹ ਨੇ ਸੂਬੇ ਵਿੱਚ ਗੈਂਗਸਟਰਵਾਦ ਨੂੰ ਖ਼ਤਮ ਕਰਨ ਦਾ ਵੀ ਦਾਅਵਾ ਕੀਤਾ।
‘ਆਪ’ ਸਰਕਾਰ ‘ਤੇ ਵੀ ਸਾਧੇ ਨਿਸ਼ਾਨੇ
ਅਮਿਤ ਸ਼ਾਹ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਜਨਤਾ ਦੇ ਭਰੋਸੇ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਨੂੰ ਭਾਰੀ ਬਹੁਮਤ ਮਿਲਣ ਦੀ ਉਮੀਦ ਹੈ। ਅਮਿਤ ਸ਼ਾਹ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਐਨ.ਡੀ.ਏ. ਦੀ ਸਰਕਾਰ ਬਣਾਈ ਜਾਵੇਗੀ ਅਤੇ ਸੂਬੇ ਵਿੱਚ ਮੁੜ ਖੁਸ਼ਹਾਲੀ ਲਿਆਂਦੀ ਜਾਵੇਗੀ।
1996 ਤੋਂ ਸ਼ੁਰੂ ਹੋਇਆ ਸੀ ਦੋਵਾਂ ਪਾਰਟੀਆਂ ਦਾ ਸਿਆਸੀ ਸਫ਼ਰ
ਜ਼ਿਕਰਯੋਗ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸਿਆਸੀ ਗੱਠਜੋੜ ਦੀ ਸ਼ੁਰੂਆਤ 1996 ਵਿੱਚ ਹੋਈ ਸੀ। ਦੋਵਾਂ ਪਾਰਟੀਆਂ ਨੇ ਮਿਲ ਕੇ 1997, 2007 ਅਤੇ 2012 ਵਿੱਚ ਪੰਜਾਬ ਵਿੱਚ ਸਰਕਾਰ ਬਣਾਈ ਸੀ।
ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸਤੰਬਰ 2020 ਵਿੱਚ ਅਕਾਲੀ ਦਲ ਨੇ ਐਨ.ਡੀ.ਏ. ਨਾਲੋਂ ਆਪਣਾ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੋਵਾਂ ਪਾਰਟੀਆਂ ਨੇ ਵੱਖ-ਵੱਖ ਲੜੀਆਂ ਸਨ।
ਹੁਣ ਛੇ ਸਾਲਾਂ ਬਾਅਦ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਖ਼ਾਸ ਤੌਰ ‘ਤੇ ਅਕਾਲੀ ਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਐਲਾਨ ਨੂੰ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।










