Home ਪੰਜਾਬ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਖ਼ੁਦ ਚੱਖ ਕੇ ਕੀਤਾ ਚੈੱਕ ਕੈਦੀਆਂ ਨੂੰ...

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਖ਼ੁਦ ਚੱਖ ਕੇ ਕੀਤਾ ਚੈੱਕ ਕੈਦੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ

0

ਗੁਰਦਾਸਪੁਰ : ਸ੍ਰੀ ਹਰਬੰਸ ਸਿੰਘ ਲੇਖੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਦੌਰੇ ਦੌਰਾਨ ਉਨ੍ਹਾਂ ਨੇ ਜੇਲ੍ਹ ਪ੍ਰਬੰਧਨ ਦਾ ਜਾਇਜ਼ਾ ਲਿਆ ਅਤੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿੱਚ ਲੱਗੇ ਸੁਰੱਖਿਆ ਉਪਕਰਨਾਂ ਦਾ ਵੀ ਜਾਇਜ਼ਾ ਲਿਆ।

ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਖ਼ੁਦ ਖਾ ਕੇ ਚੈੱਕ ਕੀਤਾ।

ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਜਿਸ ਵੀ ਕੈਦੀ ਕੋਲ ਵਕੀਲ ਨਹੀਂ ਹੈ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਤੋਂ ਮੁਫ਼ਤ ਵਕੀਲ ਦੀ ਸਹੂਲਤ ਲੈ ਸਕਦਾ ਹੈ।

ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ਼ ਵੀ ਮੌਜੂਦ ਸੀ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਨੇ ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ, ਸਾਫ਼-ਸਫ਼ਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਪ੍ਰਬੰਧਨ ਦਾ ਨਿਰੀਖਣ ਕਰਨਾ, ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਉਣਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version