ਚੰਡੀਗੜ੍ਹ: ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਰਿਆਣਾ ਰਾਜ ਗੀਤ ਨੂੰ ਨਿਯਮਤ ਤੌਰ ‘ਤੇ ਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। 22 ਜੁਲਾਈ, 2026 ਨੂੰ ਜਾਰੀ ਹਦਾਇਤਾਂ ਅਨੁਸਾਰ ਹਰ ਸਰਕਾਰੀ ਸਕੂਲ ਵਿੱਚ ਹਫ਼ਤੇ ਵਿੱਚ ਇੱਕ ਵਾਰ ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਹਰਿਆਣਾ ਰਾਜ ਗੀਤ ਦਾ ਸਮੂਹਿਕ ਗਾਉਣਾ ਲਾਜ਼ਮੀ ਕੀਤਾ ਜਾਵੇਗਾ।
ਸਿੱਖਿਆ ਡਾਇਰੈਕਟੋਰੇਟ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਪ੍ਰਣਾਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਅਤੇ ਸਕੂਲਾਂ ਵਿੱਚ ਲੋੜੀਂਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ। ਵਿਭਾਗ ਦਾ ਉਦੇਸ਼ ਵਿਦਿਆਰਥੀਆਂ ਵਿੱਚ ਹਰਿਆਣਾ ਦੀ ਸੱਭਿਆਚਾਰਕ ਵਿਰਾਸਤ, ਰਾਜ ਦੇ ਮਾਣ ਅਤੇ ਸਨਮਾਨ ਦੀ ਭਾਵਨਾ ਪੈਦਾ ਕਰਨਾ ਹੈ।
ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਸਕੂਲ ਪੱਧਰ ‘ਤੇ ਰਾਜ ਗੀਤ ਦੇ ਨਿਯਮਤ ਗਾਉਣ ਨਾਲ ਵਿਦਿਆਰਥੀਆਂ ਦਾ ਸੂਬੇ ਦੇ ਸੱਭਿਆਚਾਰ, ਇ ਤਿਹਾਸ ਅਤੇ ਪਛਾਣ ਨਾਲ ਸਬੰਧ ਵਧੇਗਾ। ਇਸ ਦੇ ਨਾਲ ਹੀ ਸੂਬੇ ਪ੍ਰਤੀ ਉਨ੍ਹਾਂ ਦੀ ਇੱਜ਼ਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ। ਇਹ ਹੁਕਮ ਸਹਾਇਕ ਡਾਇਰੈਕਟਰ (ਵਿਦਿਅਕ ਸ਼ਾਖਾ), ਸਕੂਲ ਸਿੱਖਿਆ ਡਾਇਰੈਕਟੋਰੇਟ, ਹਰਿਆਣਾ ਵੱਲੋਂ ਜਾਰੀ ਕੀਤਾ ਗਿਆ ਹੈ। ਹੁਕਮਾਂ ਦੀਆਂ ਕਾਪੀਆਂ ਸਿੱਖਿਆ ਮੰਤਰੀ, ਮੁੱਖ ਸਕੱਤਰ, ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਜਨਰਲ ਸਮੇਤ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ।












