Home ਪੰਜਾਬ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਕੋਈ ਢਿੱਲ ਨਾ ਵਰਤੀ...

ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਕੋਈ ਢਿੱਲ ਨਾ ਵਰਤੀ ਜਾਵੇ: ਡਾ. ਹਿਮਾਂਸ਼ੂ ਅਗਰਵਾਲ

0

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਢਿੱਲ ਨਾ ਵਰਤੀ ਜਾਵੇ। ਅੱਜ ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਡੇਂਗੂ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫਾਗਿੰਗ ਦੀ ਗਤੀ ਤੇਜ਼ ਕਰਨ, ਘਰ-ਘਰ ਲਾਰਵਾ ਚੈਕਿੰਗ ਕਰਨ ਅਤੇ ਡੇਂਗੂ ਮੱਛਰ ਦਾ ਲਾਰਵਾ ਮਿਲਣ ’ਤੇ ਨਿਯਮਾਂ ਅਨੁਸਾਰ ਚਲਾਨ ਕਰਕੇ ਜੁਰਮਾਨੇ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਤਾਲਮੇਲ ਕਰਕੇ ਪਾਣੀ ਦੀ ਨਿਯਮਤ ਟੈਸਟਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਦੂਸ਼ਿਤ ਪਾਣੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਬਚਾਅ ਕਾਰਵਾਈਆਂ ਵੀ ਕੀਤੀਆਂ ਜਾਣ।

ਜ਼ਿਲ੍ਹੇ ਅੰਦਰ ਟੀ.ਬੀ. ਰੋਕਥਾਮ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਟੀ.ਬੀ. ਦੇ ਮਰੀਜ਼ਾਂ ਨੂੰ ਸੰਤੁਲਿਤ ਆਹਾਰ ਕਿੱਟਾਂ ਮੁਹੱਈਆ ਕਰਵਾਉਣ, ਇਲਾਜ ਸਹੂਲਤਾਂ ਅਤੇ ਨਿਯਮਤ ਟੈਸਟਿੰਗ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ 14 ਸਾਲ ਤੱਕ ਦੀ ਉਮਰ ਦੀਆਂ ਬਾਲਿਕਾਵਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਯਕੀਨੀ ਬਣਾਉਣ ਅਤੇ ਗਰਮੀ ਦੀ ਲੂ ਤੋਂ ਬਚਾਅ ਲਈ ਜਾਗਰੂਕਤਾ ਵਧਾਉਣ ਦੀ ਵੀ ਹਦਾਇਤ ਕੀਤੀ।

ਡਾ. ਹਿਮਾਂਸ਼ੂ ਅਗਰਵਾਲ ਨੇ ਘੱਟ ਓ.ਪੀ.ਡੀ. ਵਾਲੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਾਉਣ ਲਈ ਲੋਕ ਜਾਗਰੂਕਤਾ ਵਧਾਉਣ ਅਤੇ ਮਰੀਜ਼ਾਂ ਦਾ ਵਿਸ਼ਵਾਸ ਜਿੱਤਣ ਲਈ ਡਾਕਟਰਾਂ ਨੂੰ ਲੋਕਾਂ ਨਾਲ ਹੋਰ ਨੇੜਤਾ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ, ਇਸ ਲਈ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਸਿਹਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਸੇਵਾਵਾਂ ਦੀ ਗੁਣਵੱਤਾ ਨੂੰ ਹਰ ਪੱਧਰ ’ਤੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਡਾ. ਹਿਮਾਂਸ਼ੂ ਅਗਰਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜਨ ਲਈ ਸਿਹਤ ਵਿਭਾਗ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਲਈ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਅਤੇ ਸਿਹਤ ਜਾਂਚ ਸਬੰਧੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।

ਉਨ੍ਹਾਂ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ, ਜੱਚਾ-ਬੱਚਾ ਮੌਤ ਦਰ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਤੇ ਹੋਰ ਸਿਹਤ ਸਕੀਮਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾ. ਵਿਕਾਸ ਗੋਇਲ, ਡਾ. ਕੁਸ਼ਲਦੀਪ ਕੌਰ ਗਿੱਲ, ਡਾ. ਜਸਵਿੰਦਰ ਸਿੰਘ, ਡਾ. ਸੁਮਿਤ ਸਿੰਘ, ਡਾ. ਬਲਕਾਰ ਸਿੰਘ ਸਮੇਤ ਸਮੂਹ ਐਸ.ਐਮ.ਓਜ਼ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version