Home ਪੰਜਾਬ ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ...

ਖਾਣ-ਪੀਣ ਦੀਆਂ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਡਾ. ਹਿਮਾਂਸ਼ੂ ਅਗਰਵਾਲ

0

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪਟਿਆਲਾ ਵਿੱਚ ਖਾਣ-ਪੀਣ ਦੀਆਂ ਵਸਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਾਂ ਅਦਾਰਾ ਮਿਲਾਵਟੀ, ਗੈਰ-ਮਿਆਰੀ ਜਾਂ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਭੋਜਨ ਸੁਰੱਖਿਆ ਸਬੰਧੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਨੂੰ ਹੋਰ ਚੌਕਸੀ ਅਤੇ ਸਖ਼ਤੀ ਨਾਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਮਠਿਆਈਆਂ, ਦੁੱਧ ਤੋਂ ਬਣੀਆਂ ਵਸਤਾਂ, ਖੋਆ, ਪਨੀਰ, ਤੇਲ, ਘਿਓ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਸ਼ੱਕੀ ਵਸਤਾਂ ਦੇ ਸੈਂਪਲ ਲੈ ਕੇ ਉਨ੍ਹਾਂ ਦੀ ਜਾਂਚ ਯਕੀਨੀ ਬਣਾਈ ਜਾਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭੋਜਨ ਪਦਾਰਥਾਂ ਵਿੱਚ ਮਿਲਾਵਟਖੋਰੀ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਲੋਕਾਂ ਦੀ ਸਿਹਤ ਨਾਲ ਸਿੱਧਾ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਫੂਡ ਸੇਫਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਭੋਜਨ ਸੁਰੱਖਿਆ ਸਬੰਧੀ ਜਾਗਰੂਕਤਾ ਵੀ ਵਧਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਭੋਜਨ ਅਦਾਰਿਆਂ ਤੋਂ ਵਰਤਿਆ ਹੋਇਆ ਖਾਣਾ ਪਕਾਉਣ ਵਾਲਾ ਤੇਲ (ਯੂ.ਸੀ.ਓ), ਭਾਵ ਤਲਣ ਤੋਂ ਬਾਅਦ ਬਚਿਆ ਹੋਇਆ ਤੇਲ, ਇਕੱਠਾ ਕਰਕੇ ਇਸ ਨੂੰ ਬਾਇਓਡੀਜ਼ਲ ਦੇ ਉਤਪਾਦਨ ਲਈ ਵਰਤਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਰਤੇ ਹੋਏ ਖਾਣਾ ਪਕਾਉਣ ਵਾਲੇ ਤੇਲ ਨੂੰ ਮੁੜ ਖਾਣਾ ਬਣਾਉਣ ਲਈ ਵਰਤਣਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ, ਇਸ ਲਈ ਇਸ ਦੇ ਸਹੀ ਨਿਪਟਾਰੇ ਅਤੇ ਸੁਰੱਖਿਅਤ ਢੰਗ ਨਾਲ ਇਕੱਠਾ ਕਰਨ ਲਈ ਫੂਡ ਸੇਫਟੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।

ਡੀ.ਐਚ.ਓ. ਡਾ. ਗੁਰਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਨੂੰ ਤਰਜੀਹ ਦਿੱਤੀ ਜਾਵੇਗੀ।

ਮੀਟਿੰਗ ਵਿੱਚ ਓ.ਐਸ.ਡੀ. (ਸ਼ਹਿਰੀ ਵਿਕਾਸ) ਮੁਕਾਲਿਨ ਆਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਹੋਰ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਨੁਮਾਇੰਦੇ, ਫੂਡ ਇੰਸਪੈਕਟਰਾਂ ਦੇ ਨਾਲ-ਨਾਲ ਭੋਜਨ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀ ਕੰਪਨੀ ਈਕੋਇਲ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version