ਮੋਹਾਲੀ: ਮੋਹਾਲੀ ਦੇ ਜ਼ੀਰਕਪੁਰ ਇਲਾਕੇ ਵਿੱਚ ਨਿੱਜੀ ਅਤੇ ਟੂਰਿਸਟ ਬੱਸਾਂ ਖ਼ਿਲਾਫ਼ ਟਰਾਂਸਪੋਰਟ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 20 ਤੋਂ ਵੱਧ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕਈ ਬੱਸਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ ਅਤੇ ਕਰੀਬ 60 ਹਜ਼ਾਰ ਰੁਪਏ ਦੇ ਜੁਰਮਾਨੇ ਕੀਤੇ ਗਏ।
ਜਾਣਕਾਰੀ ਅਨੁਸਾਰ ਇਹ ਕਾਰਵਾਈ ਬੱਸਾਂ ਸਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ। ਅਧਿਕਾਰੀਆਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਕੁਝ ਨਿੱਜੀ ਅਤੇ ਟੂਰਿਸਟ ਬੱਸਾਂ ਪਰਮਿਟ ਦੀਆਂ ਨਿਰਧਾਰਤ ਸ਼ਰਤਾਂ ਅਨੁਸਾਰ ਨਹੀਂ ਚਲਾਈਆਂ ਜਾ ਰਹੀਆਂ। ਕੁਝ ਮਾਮਲਿਆਂ ਵਿੱਚ ਟੈਕਸ ਦੀ ਅਦਾਇਗੀ ਨਾ ਕਰਨ ਅਤੇ ਬੱਸਾਂ ਵਿੱਚ ਨਿਰਧਾਰਤ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ ਸਨ।
ਆਰਟੀਓ ਮੋਹਾਲੀ ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਸਹਾਇਕ ਆਰਟੀਓ ਗਗਨਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਜ਼ੀਰਕਪੁਰ ਦੇ ਵੱਖ-ਵੱਖ ਮੁੱਖ ਮਾਰਗਾਂ ’ਤੇ ਬੱਸਾਂ ਦੀ ਅਚਨਚੇਤ ਜਾਂਚ ਕੀਤੀ। ਟੀਮ ਵੱਲੋਂ ਬੱਸਾਂ ਦੇ ਪਰਮਿਟ, ਟੈਕਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਮਿਲਣ ’ਤੇ ਮੌਕੇ ’ਤੇ ਕਾਰਵਾਈ ਕੀਤੀ ਗਈ।
ਅਧਿਕਾਰੀਆਂ ਨੇ ਕਿਹਾ ਕਿ ਟੂਰਿਸਟ ਪਰਮਿਟ ਅਧੀਨ ਚੱਲਣ ਵਾਲੀਆਂ ਬੱਸਾਂ ਲਈ ਨਿਰਧਾਰਤ ਨਿਯਮਾਂ ਅਤੇ ਟੈਕਸ ਦੀ ਪਾਲਣਾ ਕਰਨੀ ਲਾਜ਼ਮੀ ਹੈ। ਪਰਮਿਟ ਦੀਆਂ ਸ਼ਰਤਾਂ ਤੋਂ ਬਾਹਰ ਜਾ ਕੇ ਬੱਸ ਚਲਾਉਣ ਜਾਂ ਸਮਰੱਥਾ ਤੋਂ ਵੱਧ ਯਾਤਰੀ ਬਿਠਾਉਣ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।
ਟਰਾਂਸਪੋਰਟ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਯਾਤਰੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਮੋਹਾਲੀ, ਜ਼ੀਰਕਪੁਰ ਅਤੇ ਕੁਰਾਲੀ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਬੱਸਾਂ ਦੀ ਜਾਂਚ ਅੱਗੇ ਵੀ ਜਾਰੀ ਰਹੇਗੀ। ਨਿਯਮ ਤੋੜਨ ਵਾਲੇ ਆਪਰੇਟਰਾਂ ਖ਼ਿਲਾਫ਼ ਲੋੜ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।












