Home ਪੰਜਾਬ ਹੰਬੜਾਂ ਨੇੜੇ ਭਿਆਨਕ ਹਾਦਸਾ, ਦੋ ਘਰਾਂ ਦੇ ਚਿਰਾਗ ਬੁਝੇ

ਹੰਬੜਾਂ ਨੇੜੇ ਭਿਆਨਕ ਹਾਦਸਾ, ਦੋ ਘਰਾਂ ਦੇ ਚਿਰਾਗ ਬੁਝੇ

0

ਹੰਬੜਾਂ: ਪੰਜਾਬ ਵਿੱਚ ਸੜਕ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੰਬੜਾਂ ਇਲਾਕੇ ਵਿੱਚ ਪਿੰਡ ਚੱਕ ਕਲਾਂ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ, ਜਦਕਿ ਉਨ੍ਹਾਂ ਨਾਲ ਮੋਟਰਸਾਈਕਲ ’ਤੇ ਸਵਾਰ ਤੀਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ ਅਤੇ ਪੂਰੇ ਇਲਾਕੇ ਵਿੱਚ ਦੁੱਖ ਦੀ ਲਹਿਰ ਫੈਲ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਚੱਕ ਕਲਾਂ ਤੋਂ ਮੁੱਲਾਂਪੁਰ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਤੋਂ ਕੁਝ ਦੂਰੀ ’ਤੇ ਪਹੁੰਚੇ ਤਾਂ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।

ਦੋ ਨੌਜਵਾਨਾਂ ਨੇ ਹਸਪਤਾਲ ਵਿੱਚ ਤੋੜਿਆ ਦਮ

ਹਾਦਸੇ ਦੀ ਆਵਾਜ਼ ਸੁਣ ਕੇ ਅਤੇ ਘਟਨਾ ਦੀ ਜਾਣਕਾਰੀ ਮਿਲਣ ’ਤੇ ਪਿੰਡ ਵਾਸੀਆਂ ਨੇ ਤੁਰੰਤ 112 ਨੰਬਰ ’ਤੇ ਸੂਚਨਾ ਦਿੱਤੀ। ਇਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਹਸਪਤਾਲ ਵਿੱਚ ਇਲਾਜ ਦੌਰਾਨ ਮਨਪ੍ਰੀਤ ਸਿੰਘ ਮਨੀ ਪੁੱਤਰ ਸਵਰਗੀ ਅਵਤਾਰ ਸਿੰਘ, ਵਾਸੀ ਮੁੱਲਾਂਪੁਰ ਅਤੇ ਗੁਰਜੀਤ ਸਿੰਘ ਖਾਲਸਾ ਉਰਫ਼ ਗੋਪੀ ਪੁੱਤਰ ਸੇਵਾ ਸਿੰਘ, ਵਾਸੀ ਚੱਕ ਕਲਾਂ ਦੀ ਮੌਤ ਹੋ ਗਈ। ਤੀਜੇ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੋ ਪਰਿਵਾਰਾਂ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਇਸ ਹਾਦਸੇ ਨੇ ਦੋ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦਿੱਤਾ ਹੈ। ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉੱਥੇ ਹੀ ਮਨਪ੍ਰੀਤ ਸਿੰਘ ਦੇ ਪਿਤਾ ਦਾ ਵੀ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਸੀ।

ਦੋ ਨੌਜਵਾਨਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦਰਦਨਾਕ ਹਾਦਸੇ ਕਾਰਨ ਪਿੰਡ ਚੱਕ ਕਲਾਂ, ਮੁੱਲਾਂਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version