ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਸ਼ਾਮਲੀ ਹਾਈਵੇਅ ‘ਤੇ ਤੇਜ਼ ਰਫ਼ਤਾਰ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਮ੍ਰਿਤਕਾਂ ਦੀ ਪਛਾਣ ਕਰਨੀ ਵੀ ਮੁਸ਼ਕਲ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਟੀਮਾਂ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਾਰ ਵਿੱਚ ਸਵਾਰ ਸਾਰੇ ਲੋਕਾਂ ਨੂੰ ਬਾਹਰ ਕੱਢ ਕੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸਥਾਨਕ ਲੋਕਾਂ ਮੁਤਾਬਕ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਸ ਵਿੱਚ ਸਵਾਰ ਲੋਕ ਅੰਦਰ ਹੀ ਫਸ ਗਏ ਸਨ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਨ੍ਹਾਂ ਨੂੰ ਬਚਾਉਣ ਵਿੱਚ ਕਾਫ਼ੀ ਮੁਸ਼ਕਲ ਆਈ।
ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਲੋਕ ਹਰਿਆਣਾ ਦੇ ਹਿਸਾਰ ਤੋਂ ਉੱਤਰਾਖੰਡ ਦੇ ਹਰਿਦੁਆਰ ਵੱਲ ਜਾ ਰਹੇ ਸਨ। ਰਸਤੇ ਵਿੱਚ ਸ਼ਾਮਲੀ ਹਾਈਵੇਅ ‘ਤੇ ਇਹ ਭਿਆਨਕ ਹਾਦਸਾ ਵਾਪਰ ਗਿਆ।
ਪੁਲਿਸ ਸੁਪਰਡੈਂਟ (ਦਿਹਾਤੀ) ਅਕਸ਼ੈ ਸੰਜੇ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਚਲਾਏ।
ਹਾਦਸੇ ਵਿੱਚ ਮਾਰੇ ਗਏ ਛੇ ਲੋਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
