ਜੈਪੁਰ: ਰਾਜਸਥਾਨ ਦੇ ਸਾਦੁਲਪੁਰ ਕਸਬੇ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਇੱਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਕੁੜੀ ਜ਼ਖ਼ਮੀ ਹੋ ਗਈ। ਪੁਲਸ ਮੁਤਾਬਕ ਮ੍ਰਿਤਕਾਂ ਵਿੱਚੋਂ 5 ਜਣੇ ਇੱਕੋ ਪਰਿਵਾਰ ਨਾਲ ਸਬੰਧਤ ਸਨ।
ਪੁਲਿਸ ਅਨੁਸਾਰ ਇਹ ਹਾਦਸਾ ਦਾਦਰੇਵਾ-ਤਾਰਾਨਗਰ ਸੜਕ ’ਤੇ ਵਾਪਰਿਆ। ਕਾਰ ਵਿੱਚ ਡਰਾਈਵਰ ਸਮੇਤ 7 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਤਾਰਾਨਗਰ ਦੇ ਪਿੰਡ ਸੋਮਸੀਸਰ ਸਥਿਤ ਇੱਕ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਦੋ ਪੁਰਸ਼ਾਂ, ਤਿੰਨ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਪੰਜ ਇੱਕੋ ਪਰਿਵਾਰ ਦੇ ਮੈਂਬਰ ਸਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਛੇ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਈ ਇੱਕ ਕੁੜੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।










