ਜਲੰਧਰ : ਪੰਜਾਬ ਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਬੀਤੇ ਦਿਨ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਖੁਸ਼ਹਾਲ ਪਰਿਵਾਰ ਉਜੜ ਗਿਆ। ਕਰਤਾਰਪੁਰ ਦੇ ਬਿਧੀਪੁਰ ਵਿੱਚ ਸਥਿਤ ਆਈ.ਟੀ.ਬੀ.ਪੀ. ਕੈਂਪ ਫਲਾਈਓਵਰ ਦੇ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫਟ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ।
ਇਸ ਦਰਦਨਾਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਪਤੀ, ਪਤਨੀ ਪਰਿਵਾਰਕ ਦਾ ਇਕ ਹੋਰ ਮੈਂਬਰ ਸ਼ਾਮਲ ਸੀ। ਕਾਰ ਵਿੱਚ ਸਵਾਰ ਤਿੰਨ ਮਾਸੂਮ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ ਅਤੇ ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਬਹਾਲ ਕਰਵਾਇਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨੋਵਾ ਕਾਰ ਤੇਜ਼ ਰਫ਼ਤਾਰ ਨਾਲ ਗਲਤ ਦਿਸ਼ਾ ਤੋਂ ਆ ਰਹੀ ਸੀ, ਜਿਸ ਕਾਰਨ ਇਹ ਘਾਤਕ ਟੱਕਰ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਘਟਨਾ ਦੀ ਪੁਸ਼ਟੀ ਕੀਤੀ ਜਾ ਸਕੇ।












