ਹਰਿਆਣਾ : ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ‘ਤੇ ਬਲਾਤਕਾਰ ਦੀ ਕੋਸ਼ਿਸ਼ ਦਾ ਦੋਸ਼ ਲਗਾਉਣ ਦੀ ਮੰਗ ਨੂੰ ਲੈ ਕੇ ਇਕ ਮਹਿਲਾ ਕੋਚ ਨੇ ਜ਼ਿਲ੍ਹਾ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ 4 ਨਵੰਬਰ ਨੂੰ ਸੁਣਵਾਈ ਹੋਵੇਗੀ।
ਪੀੜਤਾ ਦਾ ਦੋਸ਼ ਹੈ ਕਿ ਇਹ ਨਾ ਸਿਰਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਹੈ ਬਲਕਿ ਬਲਾਤਕਾਰ ਦੀ ਕੋਸ਼ਿਸ਼ ਦਾ ਵੀ ਮਾਮਲਾ ਹੈ। ਇਸ ਲਈ ਸਾਬਕਾ ਮੰਤਰੀ ਵਿਰੁੱਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 376 ਅਤੇ 511 ਤਹਿਤ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ, ਚੰਡੀਗੜ੍ਹ ਪੁਲਿਸ ਨੇ ਪਹਿਲਾਂ ਵੀ ਅਜਿਹੀ ਹੀ ਇੱਕ ਅਰਜ਼ੀ ਦਾਇਰ ਕੀਤੀ ਸੀ, ਪਰ ਇਸਨੂੰ ਹੇਠਲੀ ਅਦਾਲਤ ਨੇ ਰੱਦ ਕਰ ਦਿੱਤਾ ਸੀ।
ਪੀੜਤਾ ਨੇ ਖੁਦ ਇਹ ਮੰਗ ਉਠਾਈ ਹੈ। ਫਿਲਹਾਲ ਸੰਦੀਪ ਸਿੰਘ ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 354, 354-ਏ, 354-ਬੀ, 342, 506 ਅਤੇ 509 ਦੇ ਤਹਿਤ ਮਾਮਲਾ ਚੱਲ ਰਿਹਾ ਹੈ। ਕਰੀਬ ਚਾਰ ਸਾਲ ਪਹਿਲਾਂ ਹਰਿਆਣਾ ਦੇ ਖੇਡ ਵਿਭਾਗ ਦੇ ਇੱਕ ਅਥਲੈਟਿਕਸ ਕੋਚ ਨੇ ਸਾਬਕਾ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲਾਏ ਸਨ। ਉਸ ਦੀ ਸ਼ਿਕਾਇਤ ਦੇ ਆਧਾਰ ’ਤੇ ਚੰਡੀਗੜ੍ਹ ਪੁਲੀਸ ਨੇ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਤੋਂ ਬਾਅਦ ਉਨ੍ਹਾਂ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਸੰਦੀਪ ਸਿੰਘ ਨੇ ਦਾਅਵਾ ਕੀਤਾ ਕਿ ਔਰਤ ਨੇ ਉਸ ਦੇ ਤਬਾਦਲੇ ਵਿਰੁੱਧ ਉਸ ਵਿਰੁੱਧ ਝੂਠੀ ਸ਼ਿਕਾਇਤ ਦਰਜ ਕਰਵਾਈ ਸੀ।
