ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਉਨ੍ਹਾਂ ਨੂੰ ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਕੀਤਾ ਹੈ।
ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਨੂੰ ਜਾਰੀ ਨੋਟਿਸ ਤਹਿਤ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਆਫਿਸਰਜ਼ ਇੰਸਟੀਚਿਊਟ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਐਸ.ਆਈ.ਟੀ. ਮਾਮਲੇ ਦੀ ਹੋਰ ਜਾਂਚ ਕਰਨ ਅਤੇ ਵੱਖ-ਵੱਖ ਪਹਿਲੂਆਂ ਨੂੰ ਜੋੜਨ ਲਈ ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕਰੇਗੀ।
ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਐਸ.ਆਈ.ਟੀ. ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਸੁਖਬੀਰ ਬਾਦਲ ਤੋਂ ਸਵਾਲ-ਜਵਾਬ ਕਰੇਗੀ। ਉਹ ਪਹਿਲਾਂ ਹੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਪੱਧਰ ‘ਤੇ ਘਿਰੇ ਹੋਏ ਹਨ। ਐਸ.ਆਈ.ਟੀ. ਦਾ ਮੰਨਣਾ ਹੈ ਕਿ ਮਾਮਲੇ ਨਾਲ ਜੁੜੇ ਤੱਥਾਂ ਅਤੇ ਘਟਨਾਕ੍ਰਮ ਨੂੰ ਸਪੱਸ਼ਟ ਕਰਨ ਲਈ ਸੁਖਬੀਰ ਬਾਦਲ ਤੋਂ ਪੁੱਛਗਿੱਛ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਵਧਣ ਦੀ ਸੰਭਾਵਨਾ ਹੈ।
