ਨਵੀਂ ਦਿੱਲੀ: ਚੋਣ ਕਮਿਸ਼ਨ ਦੀ ਵਿਸ਼ੇਸ਼ ਤੀਬਰ ਸੋਧ (SIR) ਪ੍ਰਕਿਰਿਆ ਨੂੰ ਲੈ ਕੇ ਨਵਾਂ ਵਿਵਾਦ ਸਾਹਮਣੇ ਆਇਆ। ‘ਦ ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਮੁਤਾਬਕ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ SIR ਅਤੇ ਵੋਟਰ ਸੂਚੀਆਂ ਨਾਲ ਜੁੜੇ ਫੈਸਲਿਆਂ ’ਤੇ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਦਰਜ ਕੀਤੇ।
ਰਿਪੋਰਟ ਮੁਤਾਬਕ ਇਨ੍ਹਾਂ ਇਤਰਾਜ਼ਾਂ ਵਿੱਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰਾਂ ਦੇ ਨਾਮ ਜੋੜਨ ਜਾਂ ਹਟਾਉਣ, ਵੋਟਰ ਡੇਟਾਬੇਸ ਤੱਕ ਪਹੁੰਚ ਅਤੇ ਚੋਣ ਸੂਚੀਆਂ ਨਾਲ ਜੁੜੇ ਤਕਨੀਕੀ ਪ੍ਰਬੰਧ ਸ਼ਾਮਲ ਸਨ। ਦੋਵੇਂ ਕਮਿਸ਼ਨਰਾਂ ਨੇ ਕੁਝ ਫੈਸਲਿਆਂ ਬਾਰੇ ਆਪਣੀਆਂ ਚਿੰਤਾਵਾਂ ਲਿਖਤੀ ਰੂਪ ਵਿੱਚ ਦਰਜ ਕੀਤੀਆਂ ਸਨ।
ਹਾਲਾਂਕਿ, ਚੋਣ ਕਮਿਸ਼ਨ ਨੇ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਲਏ ਗਏ ਸਾਰੇ ਫੈਸਲੇ ਸਰਬਸੰਮਤੀ ਨਾਲ ਲਏ ਗਏ ਹਨ। ਕਮਿਸ਼ਨ ਨੇ ਕਿਹਾ ਕਿ ਕਿਸੇ ਵੀ ਸੰਸਥਾ ਵਿੱਚ ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਰਾਏ ਜਾਂ ਟਿੱਪਣੀਆਂ ਆਉਣਾ ਆਮ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਇਸਨੂੰ ਅੰਤਿਮ ਫੈਸਲੇ ਨਾਲ ਅਸਹਿਮਤੀ ਨਹੀਂ ਮੰਨਿਆ ਜਾਣਾ ਚਾਹੀਦਾ।
ਇਸ ਮਾਮਲੇ ’ਤੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਵੋਟਾਂ ਦੀ ਕਥਿਤ ਚੋਰੀ ਨੂੰ ਸੰਵਿਧਾਨ ’ਤੇ ਹਮਲਾ ਦੱਸਦਿਆਂ ਕਿਹਾ ਕਿ ਇਸ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੀ ਇਹ ਪ੍ਰਤੀਕਿਰਿਆ SIR ਨਾਲ ਜੁੜੀਆਂ ਅੰਦਰੂਨੀ ਇਤਰਾਜ਼ਾਂ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਆਈ।
