ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 2 ਨਾਬਾਲਗਾਂ ਸਮੇਤ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਕਤਲ ਦੀ ਕੋਸ਼ਿਸ਼ ਅਤੇ ਖੋਹ ਦੀ ਇੱਕ ਸਨਸਨੀਖੇਜ਼ ਵਾਰਦਾਤ ਨੂੰ ਵੀ ਸੁਲਝਾ ਲਿਆ ਹੈ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਬੀਤੇ ਦਿਨੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਨਾਜਾਇਜ਼ ਪਿਸਤੌਲ, 9 ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੇ ਹਥਿਆਰਾਂ ਵਿੱਚ ਦੋ .32 ਬੋਰ ਪਿਸਤੌਲ, ਇੱਕ 9 ਐੱਮ.ਐੱਮ. ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੌਕ 9 ਐੱਮ.ਐੱਮ. ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਦਾ ਇੱਕ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ (34), ਪਿੰਡ ਚਾਵਿੰਡਾ ਕਲਾਂ ਦੇ ਮਲਕੀਤ ਸਿੰਘ ਉਰਫ਼ ਮੀਤਾ (27), ਤਰਨਤਾਰਨ ਦੇ ਪਿੰਡ ਨੌਸ਼ਹਿਰਾ ਢਾਲਾ ਦੇ ਸੁਖਦੇਵ ਸਿੰਘ ਉਰਫ਼ ਸੁੱਖ (24), ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਦੇ ਕਰਨਦੀਪ ਸਿੰਘ ਉਰਫ਼ ਕਾਲੂ (24), ਖੰਡਵਾਲਾ ਦੇ ਰੋਹਿਤ ਉਰਫ਼ ਛੋਹੀ (21) ਅਤੇ ਕਵਿਜੀਤ ਸਿੰਘ (21), ਭੱਲਾ ਕਾਲੋਨੀ ਦੇ ਸੰਜੇ ਕੁਮਾਰ ਉਰਫ਼ ਮੋਟਾ (24) ਅਤੇ 2 ਨਾਬਾਲਗਾਂ ਵਜੋਂ ਹੋਈ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੀ ਕਾਰਵਾਈ ਦੌਰਾਨ ਥਾਣਾ ਕੈਂਟੋਨਮੈਂਟ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਮਲਕੀਤ ਸਿੰਘ ਉਰਫ਼ ਮੀਤਾ, ਸੁਖਦੇਵ ਸਿੰਘ ਉਰਫ਼ ਸੁੱਖ, ਕਰਨਦੀਪ ਸਿੰਘ ਉਰਫ਼ ਕਾਲੂ ਅਤੇ 2 ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੇ ਕਬਜ਼ੇ ਵਿੱਚੋਂ 2 ਪਿਸਤੌਲ, 4 ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਇਸੇ ਲੜੀ ਤਹਿਤ ਦੂਜੀ ਕਾਰਵਾਈ ਦੌਰਾਨ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ .32 ਬੋਰ ਦੀਆਂ 2 ਪਿਸਤੌਲਾਂ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਤੀਜੀ ਕਾਰਵਾਈ ਦੌਰਾਨ ਪੁਲਿਸ ਨੇ ਕਤਲ ਦੀ ਕੋਸ਼ਿਸ਼ ਅਤੇ ਖੋਹ ਦੇ ਮਾਮਲੇ ਨੂੰ ਸੁਲਝਾਉਂਦਿਆਂ ਰੋਹਿਤ ਉਰਫ਼ ਛੋਹੀ, ਕਵਿਜੀਤ ਸਿੰਘ ਅਤੇ ਸੰਜੇ ਕੁਮਾਰ ਉਰਫ਼ ਮੋਟਾ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਗਲੌਕ 9 ਐੱਮ.ਐੱਮ. ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ‘ਤੇ 3 ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ ਸੀ। ਹਮਲਾਵਰ ਉਸ ਕੋਲੋਂ 3,000 ਰੁਪਏ ਨਕਦ, ਇੱਕ ਨਕਲੀ ਕੜਾ ਅਤੇ ਇੱਕ ਅੰਗੂਠੀ ਖੋਹ ਕੇ ਫਰਾਰ ਹੋ ਗਏ ਸਨ। ਇਸ ਸਬੰਧੀ ਥਾਣਾ ਏ-ਡਿਵੀਜ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਸੰਜੇ ਕੁਮਾਰ ਨੂੰ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਵੱਲੋਂ ਪੁਲਿਸ ਦੇ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਵੀ ਸੌਂਪਿਆ ਗਿਆ ਸੀ। ਇਸ ਸਬੰਧ ਵਿੱਚ 3 ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
