ਅੰਮ੍ਰਿਤਸਰ : ਪੰਜਾਬ ‘ਚ 2 ਗ੍ਰਨੇਡ ਹਮਲਿਆਂ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅਜਨਾਲਾ ਦੇ ਪਿੰਡ ਜੱਟਾਂ ਵਿੱਚ ਦੇਰ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨਾਲ ਪੂਰਾ ਇਲਾਕਾ ਹਿੱਲ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਨੇ ਘਰ ਦੇ ਬਾਹਰ ਦੋ ਗ੍ਰਨੇਡ ਸੁੱਟੇ ਅਤੇ ਫਰਾਰ ਹੋ ਗਏ। ਧਮਾਕਿਆਂ ਦੀ ਜ਼ੋਰਦਾਰ ਆਵਾਜ਼ ਨਾਲ ਪਿੰਡ ‘ਚ ਦਹਿਸ਼ਤ ਫੈਲ ਗਈ।
ਘਟਨਾ ਦੌਰਾਨ ਘਰ ‘ਚ ਮੌਜੂਦ ਤਿੰਨ ਵਿਅਕਤੀ ਜ਼ਖਮੀ ਹੋ ਗਏ। ਪਰਿਵਾਰਕ ਮੈਂਬਰਾਂ ਅਨੁਸਾਰ ਜ਼ਖ਼ਮੀਆਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਧਮਾਕੇ ਕਾਰਨ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ, ਜਦਕਿ ਘਰ ਦੇ ਬਾਹਰ ਖੜ੍ਹੇ ਵਾਹਨ ਵੀ ਨੁਕਸਾਨੇ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਜ਼ਖਮੀ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਤ ਸਮੇਂ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ। ਉਨ੍ਹਾਂ ਨੇ ਪਹਿਲਾਂ ਘਰ ਦੇ ਅੰਦਰ ਗ੍ਰਨੇਡ ਸੁੱਟਿਆ। ਜਦੋਂ ਪਰਿਵਾਰ ਵਾਲਿਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਇਕ ਵਿਅਕਤੀ ਉਨ੍ਹਾਂ ਦਾ ਪਿੱਛਾ ਕਰਨ ਲੱਗਾ ਤਾਂ ਹਮਲਾਵਰਾਂ ਨੇ ਦਰਵਾਜ਼ੇ ਵੱਲ ਇਕ ਹੋਰ ਗ੍ਰਨੇਡ ਵੀ ਸੁੱਟ ਦਿੱਤਾ।
ਪਰਿਵਾਰ ਅਨੁਸਾਰ ਉਨ੍ਹਾਂ ਨੂੰ ਇਸ ਤੋਂ ਪਹਿਲਾਂ ਕਿਸੇ ਧਮਕੀ ਜਾਂ ਕਾਲ ਦਾ ਪਤਾ ਨਹੀਂ ਸੀ ਅਤੇ ਪਿੰਡ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਗਿਆ ਕਿ ਮੌਕੇ ਤੋਂ ਮਿਲੇ ਗ੍ਰਨੇਡ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਅਕਾਲੀ ਆਗੂ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਇੱਕ ਘਰ ’ਤੇ ਦੋ ਗ੍ਰੇਨੇਡ ਸੁੱਟਣਾ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧਮਾਕਿਆਂ ਕਾਰਨ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਵਾਹਨਾਂ ਨੂੰ ਨੁਕਸਾਨ ਪੁੱਜਾ।
ਜੋਧ ਸਿੰਘ ਸਮਰਾ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਸਮੱਸਿਆ ਪਹਿਲਾਂ ਹੀ ਵੱਡੀ ਚੁਣੌਤੀ ਬਣੀ ਹੋਈ ਹੈ ਅਤੇ ਹੁਣ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਇਸ ਘਟਨਾ ਪਿੱਛੇ ਅਸਲ ਸਾਜ਼ਿਸ਼ ਦਾ ਪਤਾ ਲਗਾਇਆ ਜਾਵੇ । ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਫਿਲਹਾਲ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਹਮਲੇ ਦਾ ਮਕਸਦ ਕੀ ਸੀ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ।










