ਕਪੂਰਥਲਾ: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਤੋਤੀ ਵਿੱਚ ਇੱਕ Hair Dresser ਦੀ ਦੁਕਾਨ ‘ਤੇ ਕਥਿਤ ਤੌਰ ‘ਤੇ 15 ਤੋਂ 20 ਨੌਜਵਾਨਾਂ ਵੱਲੋਂ ਹਮਲਾ ਕਰਕੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਮੁਤਾਬਕ ਕਥਿਤ ਹਮਲਾਵਰਾਂ ਨੇ Hair Dresser ਦੀ ਦੁਕਾਨ ਵਿੱਚ ਦਾਖਲ ਹੋ ਕੇ ਉੱਥੇ ਪਏ ਸਾਮਾਨ ਦੀ ਭੰਨਤੋੜ ਕੀਤੀ। ਇਸ ਦੌਰਾਨ ਦੁਕਾਨ ਦੇ ਦਰਵਾਜ਼ੇ, ਕੁਰਸੀਆਂ, ਸ਼ੀਸ਼ਿਆਂ ਸਮੇਤ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਕਾਰਨ ਦੁਕਾਨਦਾਰ ਦਾ ਕਾਫੀ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਕਥਿਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੀੜਤ ਦੁਕਾਨਦਾਰ ਹਰਨੇਕ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੁਕਾਨ ਵਿੱਚ ਭੰਨਤੋੜ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹਰਨੇਕ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ‘ਤੇ ਰੋਕ ਲਗਾਉਣਾ ਜ਼ਰੂਰੀ ਹੈ, ਤਾਂ ਜੋ ਇਲਾਕੇ ਦੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।
ਮੌਕੇ ‘ਤੇ ਪਹੁੰਚੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਾਂਚ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਹੁਣ ਪੁਲਿਸ ਵੱਲੋਂ ਕਥਿਤ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
