Homeਧਰਮਭਾਰੀ ਮੀਂਹ ਤੇ ਹੜ੍ਹਾਂ ਕਾਰਨ ਵੈਸ਼ਨੋ ਦੇਵੀ ਤੇ ਅਮਰਨਾਥ ਯਾਤਰਾ ਚਾਰ ਦਿਨਾਂ...

ਭਾਰੀ ਮੀਂਹ ਤੇ ਹੜ੍ਹਾਂ ਕਾਰਨ ਵੈਸ਼ਨੋ ਦੇਵੀ ਤੇ ਅਮਰਨਾਥ ਯਾਤਰਾ ਚਾਰ ਦਿਨਾਂ ਲਈ ਮੁਅੱਤਲ, 23 ਲੋਕਾਂ ਦੀ ਮੌਤ

ਜੰਮੂ: ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। 19 ਜੁਲਾਈ ਤੋਂ ਸ਼ੁਰੂ ਹੋਏ ਮੀਂਹ ਨੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੁੰਛ, ਰਾਜੌਰੀ ਅਤੇ ਡੋਡਾ ਸਮੇਤ ਕਈ ਪਹਾੜੀ ਖੇਤਰਾਂ ਵਿੱਚ ਨਦੀਆਂ ਅਤੇ ਨਾਲਿਆਂ ਦਾ ਜਲ ਪੱਧਰ ਖ਼ਤਰਨਾਕ ਤਰੀਕੇ ਨਾਲ ਵੱਧ ਗਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਵੈਸ਼ਨੋਦੇਵੀ, ਅਮਰਨਾਥ, ਸ਼ਿਵ ਖੋਰੀ ਅਤੇ ਮਾਛਿਲ ਦੇਵੀ ਯਾਤਰਾਵਾਂ ਨੂੰ ਅਗਲੇ ਚਾਰ ਦਿਨਾਂ ਲਈ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।

ਅਧਿਕਾਰੀਆਂ ਮੁਤਾਬਕ ਲਗਾਤਾਰ ਮੀਂਹ ਕਾਰਨ ਕਈ ਨਦੀਆਂ ਉਫਾਨ ‘ਤੇ ਹਨ, ਜਿਸ ਕਾਰਨ ਹੜ੍ਹ ਦਾ ਪਾਣੀ ਰਿਹਾਇਸ਼ੀ ਇਲਾਕਿਆਂ, ਬਾਜ਼ਾਰਾਂ ਅਤੇ ਦੁਕਾਨਾਂ ਵਿੱਚ ਦਾਖਲ ਹੋ ਗਿਆ ਹੈ। ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।

ਮੀਂਹ ਅਤੇ ਹੜ੍ਹ ਨਾਲ ਜੁੜੀਆਂ ਘਟਨਾਵਾਂ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ 23 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਈ ਲੋਕ ਜ਼ਖ਼ਮੀ ਵੀ ਹੋਏ ਹਨ, ਜਦਕਿ ਕੁਝ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ, ਨਾਲਿਆਂ ਅਤੇ ਭੂਸਖਲਨ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਅਮਰਨਾਥ ਅਤੇ ਮਾਤਾ ਵੈਸ਼ਨੋਦੇਵੀ ਦੀ ਯਾਤਰਾ ਹਰ ਸਾਲ ਲੱਖਾਂ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਦੀ ਹੈ। ਪਰ ਮੌਜੂਦਾ ਮੌਸਮੀ ਹਾਲਾਤਾਂ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦੇਂਦਿਆਂ ਯਾਤਰਾ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਸਮ ਵਿੱਚ ਸੁਧਾਰ ਅਤੇ ਯਾਤਰਾ ਮਾਰਗਾਂ ਦੀ ਜਾਂਚ ਤੋਂ ਬਾਅਦ ਹੀ ਯਾਤਰਾ ਮੁੜ ਸ਼ੁਰੂ ਕਰਨ ਬਾਰੇ ਫੈਸਲਾ ਲਿਆ ਜਾਵੇਗਾ।

ਭਾਰਤੀ ਮੌਸਮ ਵਿਭਾਗ ਨੇ ਵੀ ਆਉਣ ਵਾਲੇ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਹੋਰ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਦੇਖਦਿਆਂ ਐਨਡੀਆਰਐਫ, ਐਸਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜੰਮੂ-ਕਸ਼ਮੀਰ ਸਰਕਾਰ ਨੇ ਲੋਕਾਂ ਨੂੰ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਸੁਰੱਖਿਆ ਅਤੇ ਰਾਹਤ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਕੰਮ ਕਰ ਰਹੀਆਂ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments