ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ, ਪਰ ਭਾਰੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਲਈ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਵਿਭਾਗ ਅਨੁਸਾਰ ਅੱਜ ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਬਿਜਲੀ ਡਿੱਗਣ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਤਰਨਤਾਰਨ ਅਤੇ ਮੋਗਾ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ 1 ਅਤੇ 2 ਜੁਲਾਈ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਬਿਆਸ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਹੜ੍ਹ ਆਉਣ ਦਾ ਖ਼ਤਰਾ ਹੈ। ਇਸ ਕਾਰਨ ਕਰਕੇ, ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਮੌਸਮ ਵਿਭਾਗ ਦੁਆਰਾ ਜਾਰੀ ਚੇਤਾਵਨੀਆਂ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ, ਅਤੇ ਖਾਸ ਕਰਕੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ।











