ਜਲੰਧਰ : ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਤੋਂ ਬਾਅਦ ਜਲੰਧਰ ਪ੍ਰਸ਼ਾਸਨ ਅਤੇ ਪੁਲਿਸ ਅਲਰਟ ਮੋਡ ‘ਤੇ ਆ ਗਈ ਹੈ। ਰੋਪੜ ਹੈੱਡਵਰਕ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਦਰਿਆ ਕੰਢੇ ਸਥਿਤ ਇਲਾਕਿਆਂ ਵਿੱਚ ਖ਼ਤਰਾ ਬਣਿਆ ਹੋਇਆ ਹੈ।
ਫਿਲੌਰ ਇਲਾਕੇ ਵਿੱਚ ਪੁਲਿਸ ਦਰਿਆ ਕੰਢੇ ਦੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕੀਤਾ ਜਾ ਰਿਹਾ ਹੈ। ਮੌਕੇ ‘ਤੇ ਮੌਜੂਦ ਪੁਲਿਸ ਸਟੇਸ਼ਨ ਇੰਚਾਰਜ ਭੂਸ਼ਣ ਕੁਮਾਰ ਨੇ ਕਿਹਾ ਕਿ ਸਤਲੁਜ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਰਾਸ਼ਨ ਜਾਂ ਹੋਰ ਮਦਦ ਦੀ ਲੋੜ ਵਾਲੇ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਨਾ ਜਾਣ ਅਤੇ ਸੁਰੱਖਿਅਤ ਥਾਵਾਂ ‘ਤੇ ਬਣੇ ਰਾਹਤ ਕੇਂਦਰਾਂ ਵਿੱਚ ਸ਼ਰਨ ਲੈਣ ਦੀ ਅਪੀਲ ਕੀਤੀ ਹੈ।
