ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਅੱਜ ਸੂਬੇ ਦੇ 12 ਜ਼ਿਲ੍ਹਿਆਂ ਲਈ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਕੁਝ ਥਾਵਾਂ ’ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਇੱਕਾ-ਦੁੱਕਾ ਥਾਵਾਂ ’ਤੇ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਕੁਝ ਥਾਵਾਂ ’ਤੇ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਇੱਕਾ-ਦੁੱਕਾ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਨੁਮਾਨ ਹੈ।
8 ਅਕਤੂਬਰ ਨੂੰ 13 ਜ਼ਿਲ੍ਹਿਆਂ ’ਚ ਅਲਰਟ
ਮੌਸਮ ਵਿਭਾਗ ਨੇ 8 ਅਕਤੂਬਰ ਲਈ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਇਸ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।
9 ਅਕਤੂਬਰ ਨੂੰ ਇਨ੍ਹਾਂ 8 ਜ਼ਿਲ੍ਹਿਆਂ ’ਚ ਅਲਰਟ
9 ਅਕਤੂਬਰ ਨੂੰ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਇੱਕਾ-ਦੁੱਕਾ ਥਾਵਾਂ ’ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਸ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
10 ਅਕਤੂਬਰ ਨੂੰ ਕੋਈ ਅਲਰਟ ਨਹੀਂ
10 ਅਕਤੂਬਰ ਲਈ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਇਸ ਦਿਨ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ।
ਲਗਾਤਾਰ ਬਦਲ ਰਹੇ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਸਥਾਨਕ ਮੌਸਮ ਦੀ ਜਾਣਕਾਰੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਦੱਸੀ ਗਈ ਹੈ।










