ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ । ਮੌਸਮ ਵਿਭਾਗ ਨੇ 7 ਅਤੇ 8 ਅਕਤੂਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ, ਤੇਜ਼ ਹਵਾਵਾਂ ਅਤੇ ਗਰਜ਼-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 4 ਅਕਤੂਬਰ ਨੂੰ ਜਾਰੀ ਕੀਤੀ ਗਈ ਜ਼ਿਲ੍ਹਾ ਪੱਧਰੀ ਰਿਪੋਰਟ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 7 ਅਕਤੂਬਰ ਤੋਂ ਮੌਸਮ ਬਦਲ ਸਕਦਾ ਹੈ। 7 ਅਕਤੂਬਰ ਨੂੰ 8 ਜ਼ਿਲ੍ਹਿਆਂ ਵਿੱਚ “ਯੈਲੋ ਅਲਰਟ” ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਤੇਜ਼ ਹਵਾਵਾਂ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਲੁਧਿਆਣਾ ਸਮੇਤ ਕਈ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
8 ਅਕਤੂਬਰ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
8 ਅਕਤੂਬਰ ਨੂੰ ਪੰਜਾਬ ਦੇ ਉੱਤਰੀ, ਮੱਧ ਅਤੇ ਪੂਰਬੀ ਹਿੱਸਿਆਂ ਵਿੱਚ ਮੌਸਮ ਵਿਭਾਗ ਦੀ ਚੇਤਾਵਨੀ ਜਾਰੀ ਰਹੇਗੀ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਮੋਗਾ ਅਤੇ ਫਰੀਦਕੋਟ ਵਿੱਚ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।










