ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਉੱਤਰੀ ਪਾਕਿਸਤਾਨ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਪੱਛਮੀ ਗੜਬੜੀ ਦਾ ਅਸਰ ਪੰਜਾਬ ਦੇ ਮੌਸਮ ’ਤੇ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 12 ਅਤੇ 13 ਨਵੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਾਰਸ਼ ਹੋ ਸਕਦੀ ਹੈ। ਅੱਜ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਸ਼ਾਮਲ ਹਨ।
ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਦੇ ਸਮੇਂ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੇ ਆਸਾਰ ਵੀ ਹਨ। ਮੀਂਹ ਪੈਣ ਕਾਰਨ ਸੂਬੇ ਵਿੱਚ ਠੰਢ ਦਾ ਅਹਿਸਾਸ ਹੋਰ ਵਧ ਸਕਦਾ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਖ਼ੁਸ਼ਕ ਰਿਹਾ। ਇਸ ਦੌਰਾਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ।
ਪਠਾਨਕੋਟ ਵਿੱਚ ਸੂਬੇ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਧੁੰਦ ਕਾਰਨ ਮੌਸਮ ਹੋਰ ਠੰਢਾ ਹੋਣ ਦੀ ਸੰਭਾਵਨਾ ਹੈ।










