ਚੰਡੀਗੜ੍ਹ: ਪੰਜਾਬ ਵਿੱਚ ਸਰਦੀ ਨੇ ਹੌਲੀ-ਹੌਲੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ 17 ਤੋਂ 20 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਕਈ ਥਾਵਾਂ ‘ਤੇ ਧੁੰਦ ਛਾਈ ਰਹਿ ਸਕਦੀ ਹੈ।
ਇਨ੍ਹਾਂ ਪੰਜ ਜ਼ਿਲ੍ਹਿਆਂ ‘ਚ ਧੁੰਦ ਦੀ ਚਿਤਾਵਨੀ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਧੁੰਦ ਕਾਰਨ ਸੜਕਾਂ ‘ਤੇ ਦਿੱਖ ਘੱਟ ਹੋ ਸਕਦੀ ਹੈ, ਜਿਸ ਨਾਲ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਵੇਰੇ ਅਤੇ ਦੇਰ ਰਾਤ ਸਫ਼ਰ ਕਰਨ ਵਾਲੇ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਹੈ।
ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਘੱਟ ਹੋ ਗਿਆ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਜ਼ਿਆਦਾਤਰ ਖ਼ੁਸ਼ਕ ਰਹਿਣ ਦੀ ਉਮੀਦ ਹੈ। ਫਿਲਹਾਲ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ।
ਰਾਤ ਦੇ ਤਾਪਮਾਨ ‘ਚ ਆ ਸਕਦੀ ਹੈ ਗਿਰਾਵਟ
ਧੁੰਦ ਦੇ ਨਾਲ-ਨਾਲ ਠੰਡ ਵੀ ਵਧਣ ਦੇ ਆਸਾਰ ਹਨ। ਅਗਲੇ ਕੁਝ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦੀ ਕਮੀ ਆ ਸਕਦੀ ਹੈ।
ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ ਪਹਿਲਾਂ ਹੀ 3.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਅਜੇ ਵੀ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ।
ਬਠਿੰਡਾ ਰਿਹਾ ਸਭ ਤੋਂ ਠੰਡਾ
ਪਿਛਲੇ ਦਿਨ ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 10 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਹੇਠਾਂ ਜਾਣ ਨਾਲ ਠੰਡ ਦਾ ਅਹਿਸਾਸ ਵਧ ਸਕਦਾ ਹੈ।










