ਕੋਲਕਾਤਾ: ਪੱਛਮੀ ਬੰਗਾਲ ਦੀ ਸੂਬਾ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਤੀ ਰਾਹਤ ਦੇਣ ਲਈ ‘ਭਰੋਸਾ ਕਰਮਸੂਚੀ’ (ਭਰੋਸਾ ਯੋਜਨਾ) ਸ਼ੁਰੂ ਕਰਨ ਦਾ ਅਹਿਮ ਫ਼ੈਸਲਾ ਲਿਆ ਹੈ।
ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਜਨਵਰੀ ਮਹੀਨੇ ਤੋਂ ਇਸ ਨਵੀਂ ਯੋਜਨਾ ਤਹਿਤ ਸਰਕਾਰੀ ਵੋਕੇਸ਼ਨਲ ਸੰਸਥਾਵਾਂ ਅਤੇ ਆਈ.ਟੀ.ਆਈ. ਤੋਂ ਪਾਸ ਗ੍ਰੈਜੂਏਟ ਅਤੇ ਡਿਪਲੋਮਾ ਧਾਰਕ ਬੇਰੁਜ਼ਗਾਰ ਨੌਜਵਾਨਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਸੂਬੇ ਦੇ ਬੇਰੁਜ਼ਗਾਰ ਗੈਰ-ਗ੍ਰੈਜੂਏਟ ਨੌਜਵਾਨਾਂ ਨੂੰ ਵੀ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਵਿੱਤੀ ਸਾਲ 2028-29 ਤੋਂ ਇਨ੍ਹਾਂ ਭੱਤਿਆਂ ਵਿੱਚ ਵਾਧਾ ਕਰਕੇ ਇਨ੍ਹਾਂ ਨੂੰ ਕ੍ਰਮਵਾਰ 3,000 ਰੁਪਏ ਅਤੇ 2,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।
ਸਰਕਾਰੀ ਨਿਯਮਾਂ ਅਨੁਸਾਰ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਉਮੀਦਵਾਰ ਦੀ ਉਮਰ 21 ਤੋਂ 45 ਸਾਲ ਦੇ ਵਿਚਕਾਰ ਹੋਣੀ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਨਵੀਂ ‘ਭਰੋਸਾ ਕਰਮਸੂਚੀ’ ਯੋਜਨਾ ਨੇ ਪਿਛਲੀ ਤ੍ਰਿਣਮੂਲ ਕਾਂਗਰਸ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁਵਾਸਾਥੀ ਯੋਜਨਾ’ ਦੀ ਥਾਂ ਲਈ ਹੈ। ਮੁੱਖ ਮੰਤਰੀ ਅਧਿਕਾਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਭਰੋਸਾ ਦਿਵਾਉਂਦਿਆਂ ਕੁਝ ਸਮਾਂ ਸਬਰ ਰੱਖਣ ਦੀ ਅਪੀਲ ਵੀ ਕੀਤੀ ਹੈ।
