ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਮਲੇਸ਼ੀਆ ਵਿਚਾਲੇ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਜਾਣਕਾਰੀ ਮੁਤਾਬਕ ਗੱਲਬਾਤ ਦੌਰਾਨ ਵਪਾਰ ਅਤੇ ਨਿਵੇਸ਼, ਰੱਖਿਆ, ਊਰਜਾ, ਸੈਮੀਕੰਡਕਟਰ, ਬੁਨਿਆਦੀ ਢਾਂਚਾ, ਡਿਜੀਟਲ ਅਰਥਵਿਵਸਥਾ, ਫਿਨਟੈੱਕ, ਸਿੱਖਿਆ ਅਤੇ ਸੈਰ-ਸਪਾਟੇ ਸਮੇਤ ਕਈ ਅਹਿਮ ਖੇਤਰਾਂ ‘ਤੇ ਚਰਚਾ ਹੋਈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਫਰਵਰੀ 2026 ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਮਲੇਸ਼ੀਆ ਯਾਤਰਾ ਦੌਰਾਨ ਦੁਵੱਲੇ ਸਬੰਧਾਂ ਵਿੱਚ ਹੋਈ ਤਰੱਕੀ ਨੂੰ ਅੱਗੇ ਵਧਾਉਣ ਸਬੰਧੀ ਵੀ ਗੱਲ ਕੀਤੀ।
ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵੀ ਚਰਚਾ
ਪ੍ਰਧਾਨ ਮੰਤਰੀ ਮੋਦੀ ਅਤੇ ਅਨਵਰ ਇਬਰਾਹਿਮ ਨੇ ਆਪਸੀ ਹਿੱਤਾਂ ਨਾਲ ਜੁੜੇ ਮਹੱਤਵਪੂਰਨ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵੀ ਵਿਚਾਰ ਸਾਂਝੇ ਕੀਤੇ। ਦੋਵਾਂ ਦੇਸ਼ਾਂ ਵਿਚਾਲੇ ਲੋਕਾਂ ਦੇ ਆਪਸੀ ਸੰਪਰਕ ਅਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਬ੍ਰਿਕਸ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਨਵੀਂ ਦਿੱਲੀ ਪਹੁੰਚੇ ਹੋਏ ਹਨ।
