ਉੱਤਰ ਪ੍ਰਦੇਸ਼: ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਰਕਾਰ ਨੇ ਬੀਤੇ ਦਿਨ (25 ਅਗਸਤ) ਨੂੰ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ (ਯੂ.ਪੀ.ਐਸ.ਆਰ.ਟੀ.ਸੀ.) ਦੀਆਂ ਸਾਰੀਆਂ ਬੱਸਾਂ ਵਿੱਚ 60 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਜੀਵਨ ਭਰ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂ.ਪੀ ਦੇ ਟਰਾਂਸਪੋਰਟ ਮੰਤਰੀ ਦਯਾਸ਼ੰਕਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨਗੀ ਹੇਠ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਲੋਕਮਾਤਾ ਅਹਿ ਲਿਆਬਾਈ ਮਾਤਸ਼ਕਤੀ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 60 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ ਦੀਆਂ ਸਾਰੀਆਂ ਬੱਸਾਂ ਵਿੱਚ ਉਮਰ ਭਰ ਮੁਫ਼ਤ ਸਫ਼ਰ ਕਰ ਸਕਣਗੀਆਂ। ਸਿੰਘ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇੱਕ ਕਰੋੜ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ। ਮੰਤਰੀ ਨੇ ਕਿਹਾ ਕਿ 60 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਆਧਾਰ ਕਾਰਡ ਜਾਂ ਵੋਟਰ ਸ਼ਨਾਖਤੀ ਕਾਰਡ ਦਿਖਾ ਕੇ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ। ਮੰਤਰੀ ਮੰਡਲ ਨੇ ਰੱਖੜੀ ਦੇ ਤਿਉਹਾਰ ਦੌਰਾਨ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਇੱਕ ਵਿਅਕਤੀ ਵੀ ਉਨ੍ਹਾਂ ਨਾਲ ਸਫ਼ਰ ਕਰ ਸਕਦਾ ਹੈ।











