ਚੰਡੀਗੜ੍ਹ : ਮੌਸਮ ਵਿਭਾਗ ਨੇ ਅੱਜ , 1 ਅਗਸਤ ਤੋਂ ਅਗਲੇ ਪੰਜ ਦਿਨਾਂ ਲਈ ਚੰਡੀਗੜ੍ਹ ਅਤੇ ਪੰਜਾਬ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਵਿਚ ਕਈ ਥਾਵਾਂ ‘ਤੇ ਗਰਜ ਨਾਲ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਅਤੇ ਵਿਦਰਭ ‘ਤੇ ਘੱਟ ਦਬਾਅ ਵਾਲੇ ਖੇਤਰ ਕਾਰਨ ਮਾਨਸੂਨ ਟ੍ਰਾਫ ਪੰਜਾਬ ਦੇ ਦੱਖਣੀ ਹਿੱਸੇ ਵੱਲ ਹੈ। ਇਸ ਕਾਰਨ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ, ਪਰ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਬਿਜਲੀ ਅਤੇ ਗਰਜ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੁਹਾਲੀ) ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਦੇ ਪਹਿਲੇ ਹਫ਼ਤੇ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਜੁਲਾਈ ਮਹੀਨੇ ਵਿੱਚ ਬਰਸਾਤ ਦੀ ਕਮੀ ਨੂੰ ਕਾਫੀ ਹੱਦ ਤੱਕ ਪੂਰਾ ਕੀਤਾ ਜਾ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਰਾਤਾਂ ਸੁਹਾਵਣਾ ਰਹਿਣਗੀਆਂ, ਹਾਲਾਂਕਿ ਦਿਨ ਵੇਲੇ ਨਮੀ ਬਣੀ ਰਹਿ ਸਕਦੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਵੀ ਸਲਾਹ ਦਿੱਤੀ ਹੈ।
ਜਾਰੀ ਕੀਤੀ ਹੈ ਸਾਵਧਾਨੀ ਦੀ ਸਲਾਹ
ਜਿੱਥੇ ਪੰਜਾਬ ਦੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ, ਉਥੇ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਖਨਾ ਝੀਲ, ਸੁਖਨਾ ਕੈਚਮੈਂਟ ਖੇਤਰ ਅਤੇ ਘੱਗਰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਬਿਜਲੀ ਦੇ ਖੰਭਿਆਂ ਨੂੰ ਗਿੱਲੇ ਹੱਥਾਂ ਨਾਲ ਨਾ ਛੂਹਣ ਅਤੇ ਨੰਗੀਆਂ ਤਾਰਾਂ ਤੋਂ ਦੂਰ ਰਹਿਣ ਦੀ ਹਦਾਇਤ ਵੀ ਕੀਤੀ ਗਈ ਹੈ। ਇਹ ਐਡਵਾਈਜ਼ਰੀ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਸੈਕਟਰ-25 ਵਿੱਚ ਬਿਜਲੀ ਦਾ ਝਟਕਾ ਲੱਗਣ ਕਾਰਨ ਇੱਕ ਲੜਕੀ ਦੀ ਮੌਤ ਤੋਂ ਬਾਅਦ ਜਾਰੀ ਕੀਤੀ ਗਈ ਹੈ।
ਭਾਖੜਾ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 81 ਫੁੱਟ ਹੇਠਾਂ
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮ ਵਿੱਚ ਪਾਣੀ ਦਾ ਵਹਾਅ ਜਾਰੀ ਹੈ। ਭਾਖੜਾ ਡੈਮ ਦੇ ਪਾਣੀ ਦਾ ਪੱਧਰ 1,599.08 ਫੁੱਟ ਦਰਜ ਕੀਤਾ ਗਿਆ ਹੈ। ਡੈਮ ਵਿੱਚ 39,785 ਕਿਊਸਿਕ ਪਾਣੀ ਆ ਰਿਹਾ ਹੈ, ਜਦਕਿ 24,495 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਡੈਮ ਦਾ ਖਤਰੇ ਦਾ ਨਿਸ਼ਾਨ 1,680 ਫੁੱਟ ਹੈ ਅਤੇ ਇਸ ਸਮੇਂ ਪਾਣੀ ਦਾ ਪੱਧਰ ਲਗਭਗ 81 ਫੁੱਟ ਹੇਠਾਂ ਹੈ।












