ਨਵੀਂ ਦਿੱਲੀ: ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੁਆਰਾ ਹਿਰਾਸਤ ਵਿੱਚ ਲਏ ਗਏ ਯੂਟਿਬਰ ਧਰੁਵ ਰਾਠੀ ਨੂੰ ਬੀਤੀ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਇੱਕ ਸੂਤਰ ਨੇ ਕਿਹਾ, “ਜੇਕਰ ਉਹ (ਰਾਠੀ) ਮਨਾਹੀ ਦੇ ਹੁਕਮਾਂ ਦੇ ਬਾਵਜੂਦ ਜੰਤਰ-ਮੰਤਰ ਜਾਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਦੁਬਾਰਾ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ ਜਾਂ ਉਨ੍ਹਾਂ ਦੇ ਖ਼ਿਲਾਫ਼ ਹੋਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।”
ਰਾਠੀ ਨੂੰ ਬੀਤੇ ਦਿਨ ਗੁਰੂਗ੍ਰਾਮ ਦੇ ਸੈਕਟਰ-56 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ‘ਚ ਲਿਆ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ ਇਹ ਕਾਰਵਾਈ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਬੇਹੱਦ ਸਖ਼ਤੀ ਦਰਮਿਆਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ 7000 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ । ਦਿੱਲੀ ਪੁਲਿਸ ਨੇ ਵਿਸ਼ੇਸ਼ ਤੀਬਰ ਜਾਂਚ (ਐਸ.ਆਈ.ਆਰ.) ਨਾਲ ਸਬੰਧਤ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਰਾਸ਼ਟਰੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ।
ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਕਈ ਵਿਰੋਧੀ ਆਗੂਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ, ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਨਿਕ ਸਰਕਾਰ ਸ਼ਾਮਲ ਹਨ। ਸੀ.ਜੇ.ਪੀ. ਨੇਤਾਵਾਂ ਅਭਿਜੀਤ ਦੀਪਕ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਹਵਾਈ ਅੱਡੇ ‘ਤੇ ਨਜ਼ਰਬੰਦ ਕਰਨ ਤੋਂ ਬਾਅਦ ਰੋਕਿਆ ਗਿਆ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਕਰਮਚਾਰੀਆਂ ‘ਤੇ ਕਥਿਤ ਹਮਲਿਆਂ ਦੇ ਸਬੰਧ ਵਿੱਚ ਕਈ ਐਫ.ਆਈ.ਆਰ. ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।










